ਚੰਡੀਗੜ੍ਹ/ਮੋਹਾਲੀ: 10 ਮਾਰਚ, 2026
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦੇ ਮਿਜਾਜ਼ ਵਿੱਚ ਅਚਾਨਕ ਆਈ ਤਬਦੀਲੀ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮਾਰਚ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਕਾਰਨ ਦਿਨ ਵੇਲੇ ਗਰਮੀ ਦਾ ਅਹਿਸਾਸ ਅਪ੍ਰੈਲ ਅਤੇ ਮਈ ਵਰਗਾ ਹੋਣ ਲੱਗਾ ਹੈ। ਅੱਜ, 10 ਮਾਰਚ ਨੂੰ ਵੀ ਆਸਮਾਨ ਸਾਫ਼ ਰਹਿਣ ਅਤੇ ਤੇਜ਼ ਧੁੱਪ ਨਿਕਲਣ ਦੀ ਉਮੀਦ ਹੈ, ਜਿਸ ਨਾਲ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ, ਇਸ ਵੇਲੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਲਗਭਗ 6 ਡਿਗਰੀ ਸੈਲਸੀਅਸ ਉੱਪਰ ਚੱਲ ਰਿਹਾ ਹੈ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਪਾਰਾ 33.2 ਡਿਗਰੀ ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਲਗਭਗ 11 ਮੁੱਖ ਸ਼ਹਿਰਾਂ ਵਿੱਚ ਤਾਪਮਾਨ 31 ਡਿਗਰੀ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ। ਲੁਧਿਆਣਾ ਵਿੱਚ 33 ਡਿਗਰੀ, ਅੰਮ੍ਰਿਤਸਰ ਵਿੱਚ 31.2 ਡਿਗਰੀ ਅਤੇ ਮੋਹਾਲੀ ਵਿੱਚ 31.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
ਮੌਸਮ ਵਿਗਿਆਨੀਆਂ ਅਨੁਸਾਰ, ਇਸ ਵੇਲੇ ਇੱਕ ਪੱਛਮੀ ਗੜਬੜੀ (Western Disturbance) ਸਰਗਰਮ ਹੈ, ਜੋ ਮੱਧ-ਪੱਧਰੀ ਪੱਛਮੀ ਹਵਾਵਾਂ ਰਾਹੀਂ ਬਣੀ ਹੋਈ ਹੈ। ਇਸ ਦੇ ਨਾਲ ਹੀ ਉਪ-ਉਪਖੰਡੀ ਪੱਛਮੀ ਜੈੱਟ ਧਾਰਾ ਵੀ ਜੰਮੂ-ਕਸ਼ਮੀਰ ਦੇ ਉੱਪਰੋਂ 155 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੁਜ਼ਰ ਰਹੀ ਹੈ। ਇਨ੍ਹਾਂ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਹੀ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ ਛੇ ਦਿਨਾਂ ਤੱਕ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹੇਗਾ। ਹਾਲਾਂਕਿ, 15 ਮਾਰਚ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਸਥਿਰ ਰਹੇਗਾ, ਪਰ ਉਸ ਤੋਂ ਬਾਅਦ ਪਾਰੇ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਵਧ ਰਹੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਉਮੀਦ ਹੈ।